HomeCanadaਗੁਰਮਤਿ ਸਿਧਾਂਤਾਂ ਅਨੁਸਾਰ ਜੀਵਨ ਜਾਚ ਸਬੰਧੀ ਵਿਚਾਰ-ਚਰਚਾ

ਗੁਰਮਤਿ ਸਿਧਾਂਤਾਂ ਅਨੁਸਾਰ ਜੀਵਨ ਜਾਚ ਸਬੰਧੀ ਵਿਚਾਰ-ਚਰਚਾ

ਸਰੀ, ਬੀ.ਸੀ. (ਰਵੀ ਕਾਂਤ ): ਸਰੀ-ਡੈਲਟਾ ਸਥਿਤ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਤਿਕਾਰ ਸੇਵਾ ਨੈੱਟਵਰਕ ਸੋਸਾਇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਜੀਵਨ ਜਾਚ ਅਤੇ ਗੁਰਮਤਿ ਸਿਧਾਂਤਾਂ ਸਬੰਧੀ ਵਿਸ਼ੇਸ਼ ਧਾਰਮਿਕ ਵਿਚਾਰ-ਚਰਚਾ ਕਰਵਾਈ ਗਈ। ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਗੁਰਬਾਣੀ ਅਤੇ ਗੁਰਮਤਿ ਵਿਚਾਰਧਾਰਾ ਨਾਲ ਜੁੜੇ ਵਿਸ਼ਿਆਂ ਬਾਰੇ ਜਾਣਕਾਰੀ ਹਾਸਲ ਕੀਤੀ।

ਸਮਾਗਮ ਦੌਰਾਨ ਬੱਚਿਆਂ, ਬੀਬੀਆਂ ਅਤੇ ਨੌਜਵਾਨਾਂ ਨੇ ਉੱਘੇ ਸਿੱਖ ਵਿਦਵਾਨਾਂ, ਬੁੱਧੀਜੀਵੀਆਂ ਅਤੇ ਧਾਰਮਿਕ ਸ਼ਖ਼ਸੀਅਤਾਂ ਨਾਲ ਗੁਰਬਾਣੀ, ਸਿੱਖ ਜੀਵਨ-ਜਾਚ ਅਤੇ ਧਾਰਮਿਕ ਵਿਸ਼ਿਆਂ ਨਾਲ ਸਬੰਧਤ ਵੱਖ-ਵੱਖ ਸਵਾਲ ਸਾਂਝੇ ਕੀਤੇ। ਹਾਜ਼ਰ ਵਿਦਵਾਨਾਂ ਵੱਲੋਂ ਇਨ੍ਹਾਂ ਸਵਾਲਾਂ ਦੇ ਜਵਾਬ ਬੜੇ ਹੀ ਸਰਲ, ਸਹਿਜ ਅਤੇ ਤਰਕਸੰਗਤ ਢੰਗ ਨਾਲ ਦਿੱਤੇ ਗਏ। ਇਸ ਦੌਰਾਨ ਗੁਰਮਤਿ ਅਨੁਸਾਰ ਸਾਦਗੀ ਭਰਿਆ ਜੀਵਨ ਜਿਊਣ, ਗੁਰਬਾਣੀ ਨਾਲ ਜੁੜਨ ਅਤੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਦੇ ਮੂਲ ਸਿਧਾਂਤਾਂ ਨਾਲ ਜੋੜਨ ਦੀ ਮਹੱਤਤਾ ’ਤੇ ਵੀ ਚਰਚਾ ਹੋਈ।

ਸਵਾਲ-ਜਵਾਬ ਦੇ ਸੈਸ਼ਨ ਵਿੱਚ ਉੱਘੇ ਰਾਗੀ ਭਾਈ ਮਨਪ੍ਰੀਤ ਸਿੰਘ ਕਾਨਪੁਰੀ, ਗਿਆਨੀ ਜੈਮਲ ਸਿੰਘ, ਭਾਈ ਗੁਰਕੀਰਤ ਸਿੰਘ ਅਤੇ ਭਾਈ ਨਵਤੇਜ ਸਿੰਘ ਨੇ ਵਿਸ਼ੇਸ਼ ਤੌਰ ’ਤੇ ਹਿੱਸਾ ਲਿਆ। ਉਨ੍ਹਾਂ ਵੱਲੋਂ ਸੰਗਤ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਗੁਰਬਾਣੀ ਅਤੇ ਗੁਰਮਤਿ ਸਿਧਾਂਤਾਂ ਦੀ ਰੌਸ਼ਨੀ ਵਿੱਚ ਦਿੱਤੇ ਗਏ।

ਸਮਾਗਮ ਦਾ ਮੁੱਖ ਉਦੇਸ਼ ਸੰਗਤਾਂ, ਖ਼ਾਸ ਕਰਕੇ ਬੱਚਿਆਂ ਅਤੇ ਨੌਜਵਾਨਾਂ ਨੂੰ ਸਿੱਖ ਧਰਮ ਦੇ ਮੂਲ ਸਿਧਾਂਤਾਂ, ਗੁਰਬਾਣੀ ਅਤੇ ਗੁਰਮਤਿ ਜੀਵਨ-ਜਾਚ ਨਾਲ ਜੋੜਨਾ ਸੀ। ਪ੍ਰਬੰਧਕਾਂ ਵੱਲੋਂ ਕਿਹਾ ਗਿਆ ਕਿ ਅਜਿਹੇ ਉਪਰਾਲਿਆਂ ਰਾਹੀਂ ਨਵੀਂ ਪੀੜ੍ਹੀ ਨੂੰ ਆਪਣੇ ਧਾਰਮਿਕ ਅਤੇ ਸੱਭਿਆਚਾਰਕ ਵਿਰਸੇ ਨਾਲ ਜੋੜਨ ਵਿੱਚ ਮਦਦ ਮਿਲਦੀ ਹੈ।

ਇਸ ਮੌਕੇ ਸਤਿਕਾਰ ਸੇਵਾ ਨੈੱਟਵਰਕ ਸੋਸਾਇਟੀ ਦੇ ਮੈਂਬਰ ਭਾਈ ਤਰਨਜੀਤ ਸਿੰਘ, ਭਾਈ ਅੰਮ੍ਰਿਤਪਾਲ ਸਿੰਘ, ਭਾਈ ਜਸਵੀਰ ਸਿੰਘ, ਭਾਈ ਮਨਪ੍ਰੀਤ ਸਿੰਘ, ਉਸਤਾਦ ਜਗਜੀਤ ਸਿੰਘ, ਭਾਈ ਜਸਦੀਪ ਸਿੰਘ ਅਤੇ ਭਾਈ ਕੁਲਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਗੁਰਮੁਖ ਪਿਆਰੇ ਅਤੇ ਸੰਗਤਾਂ ਹਾਜ਼ਰ ਸਨ।

ਸਮਾਗਮ ਦੌਰਾਨ ਸੰਗਤਾਂ ਵੱਲੋਂ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਅਜਿਹੇ ਗਿਆਨਵਰਧਕ ਅਤੇ ਗੁਰਮਤਿ ਆਧਾਰਿਤ ਪ੍ਰੋਗਰਾਮ ਭਵਿੱਖ ਵਿੱਚ ਵੀ ਕਰਵਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments