ਸਰੀ, ਸਤੰਬਰ 2 (ਰਵੀ ਕਾਂਤ )- ਸਰੀ-ਫਲੀਟਵੁੱਡ ਤੋਂ ਬੀ.ਸੀ. ਵਿਧਾਨ ਸਭਾ ਮੈਂਬਰ ਜਗਰੂਪ ਬਰਾੜ ਨੇ ਫਲੀਟਵੁੱਡ ਇਸਲਾਮਿਕ ਅਕੈਡਮੀ ਸੁਸਾਇਟੀ ਨੂੰ ਨਿਸ਼ਾਨਾ ਬਣਾਉਂਦੀਆਂ ਕਥਿਤ ਨਫ਼ਰਤੀ ਤੋੜ-ਫੋੜ ਅਤੇ ਧਮਕੀਆਂ ਦੀ ਸਖ਼ਤ ਨਿੰਦਾ ਕਰਦਿਆਂ ਮੁਸਲਿਮ ਭਾਈਚਾਰੇ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਹੈ।
2 ਸਤੰਬਰ ਨੂੰ ਜਾਰੀ ਆਪਣੇ ਬਿਆਨ ਵਿੱਚ MLA ਜਗਰੂਪ ਬਰਾੜ ਨੇ ਕਿਹਾ ਕਿ ਇਸ ਤਰ੍ਹਾਂ ਦੀ ਨਫ਼ਰਤ ਭਰੀ ਤੋੜ-ਫੋੜ ਅਤੇ ਧਮਕੀਆਂ ਦੀ ਘਟਨਾ ਬਹੁਤ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਆਪਣੇ ਧਾਰਮਿਕ ਅਸਥਾਨ ਜਾਂ ਇਬਾਦਤ ਦੀ ਥਾਂ ’ਤੇ ਅਸੁਰੱਖਿਅਤ ਮਹਿਸੂਸ ਨਹੀਂ ਕਰਨਾ ਚਾਹੀਦਾ। ਉਨ੍ਹਾਂ ਜ਼ੋਰ ਦਿੱਤਾ ਕਿ ਅਜਿਹੀਆਂ ਘਟਨਾਵਾਂ ਭਾਈਚਾਰੇ ਵੱਲੋਂ ਸਾਂਝੇ ਕੀਤੇ ਜਾਂਦੇ ਸਤਿਕਾਰ, ਸਹਿਣਸ਼ੀਲਤਾ ਅਤੇ ਸੁਰੱਖਿਆ ਦੇ ਮੁੱਲਾਂ ਦੇ ਉਲਟ ਹਨ।
MLA ਬਰਾੜ ਨੇ ਮੁਸਲਿਮ ਭਾਈਚਾਰੇ ਨੂੰ ਆਪਣਾ ਸਮਰਥਨ ਦਿੰਦਿਆਂ ਕਿਹਾ ਕਿ ਬ੍ਰਿਟਿਸ਼ ਕੋਲੰਬੀਆ ਵਿੱਚ ਨਫ਼ਰਤੀ ਕਾਰਵਾਈਆਂ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਹਰੇਕ ਭਾਈਚਾਰੇ ਦੀ ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।
ਉਨ੍ਹਾਂ ਸਰੀ ਆਰ.ਸੀ.ਐੱਮ.ਪੀ. ਵੱਲੋਂ ਦਿੱਤੇ ਗਏ ਤੁਰੰਤ ਜਵਾਬ ਦੀ ਵੀ ਸ਼ਲਾਘਾ ਕੀਤੀ ਅਤੇ ਘਟਨਾ ਸਬੰਧੀ ਜਾਣਕਾਰੀ ਰੱਖਣ ਵਾਲੇ ਲੋਕਾਂ ਨੂੰ ਪੁਲਿਸ ਨਾਲ ਅੱਗੇ ਆ ਕੇ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕੀਤੀ।
ਜਗਰੂਪ ਬਰਾੜ ਨੇ ਕਿਹਾ ਕਿ ਉਹ ਆਪਣੇ ਵਿਧਾਇਕ ਵਜੋਂ ਸਥਾਨਕ ਆਗੂਆਂ, ਪੁਲਿਸ ਅਤੇ ਕਮਿਊਨਿਟੀ ਸੰਸਥਾਵਾਂ ਨਾਲ ਮਿਲ ਕੇ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ, ਨਫ਼ਰਤ ਵਿਰੁੱਧ ਆਵਾਜ਼ ਬੁਲੰਦ ਕਰਨ ਅਤੇ ਹਰ ਕਿਸੇ ਲਈ ਸਮਾਵੇਸ਼ੀ ਭਾਈਚਾਰਾ ਬਣਾਉਣ ਲਈ ਕੰਮ ਕਰਦੇ ਰਹਿਣਗੇ।
ਉਨ੍ਹਾਂ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਫਲੀਟਵੁੱਡ ਇਸਲਾਮਿਕ ਅਕੈਡਮੀ ਸੁਸਾਇਟੀ ਨਾਲ ਵਾਪਰੀ ਘਟਨਾ ਨੂੰ ਲੈ ਕੇ ਭਾਈਚਾਰੇ ਵਿੱਚ ਚਿੰਤਾ ਦਾ ਮਾਹੌਲ ਹੈ। MLA ਬਰਾੜ ਨੇ ਸਪੱਸ਼ਟ ਕੀਤਾ ਕਿ ਧਰਮ ਜਾਂ ਭਾਈਚਾਰੇ ਦੇ ਆਧਾਰ ’ਤੇ ਨਫ਼ਰਤ ਅਤੇ ਡਰ ਪੈਦਾ ਕਰਨ ਵਾਲੀਆਂ ਕਾਰਵਾਈਆਂ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ।



