ਵੈਨਕੂਵਰ, 13 ਅਕਤੂਬਰ (ਰਵੀ ਕਾਂਤ ਸ਼ਰਮਾ) — ਕੰਜ਼ਰਵੇਟਿਵ ਪਾਰਟੀ ਆਫ਼ ਬੀ.ਸੀ. ਦੇ ਸਰੀ ਸਿਟੀ ਸੈਂਟਰ ਹਲਕੇ ਤੋਂ ਉਮੀਦਵਾਰ ਜ਼ੀਸ਼ਾਨ ਵਾਹਲਾ ਨੇ ਭਾਈਚਾਰੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੁਮਾਇੰਦੇ ਚੁਣਨ ਤੋਂ ਪਹਿਲਾਂ ਉਨ੍ਹਾਂ ਦੀ ਪੜ੍ਹਾਈ, ਕਾਰੋਬਾਰੀ ਪਿਛੋਕੜ ਅਤੇ ਸਿਆਸਤ ਵਿੱਚ ਆਉਣ ਦੇ ਮਕਸਦ ਬਾਰੇ ਪੂਰੀ ਜਾਣਕਾਰੀ ਹਾਸਲ ਕਰਨ। ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਬੱਚਿਆਂ ਦੇ ਭਵਿੱਖ ਅਤੇ ਭਾਈਚਾਰੇ ਦੇ ਵੋਟ ਦੇ ਹੱਕ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।
ਜ਼ੀਸ਼ਾਨ ਵਾਹਲਾ ਨੇ ਕਿਹਾ ਕਿ ਵੋਟਰਾਂ ਨੂੰ ਇਹ ਜਾਣਨਾ ਚਾਹੀਦਾ ਹੈ ਕਿ ਉਨ੍ਹਾਂ ਦੇ ਨੁਮਾਇੰਦੇ ਕਿੰਨੇ ਪੜ੍ਹੇ-ਲਿਖੇ ਹਨ, ਕੀ ਉਹ ਆਪਣਾ ਕਾਰੋਬਾਰ ਚਲਾਉਂਦੇ ਹਨ ਅਤੇ ਸਿਆਸਤ ਵਿੱਚ ਆਉਣ ਪਿੱਛੇ ਉਨ੍ਹਾਂ ਦਾ ਮਕਸਦ ਕੀ ਹੈ। ਉਨ੍ਹਾਂ ਅਨੁਸਾਰ, ਨੁਮਾਇੰਦਿਆਂ ਦੀ ਚੋਣ ਕਰਦੇ ਸਮੇਂ ਸਿਰਫ਼ ਚੋਣ ਵਾਅਦਿਆਂ ਨੂੰ ਹੀ ਨਹੀਂ, ਸਗੋਂ ਉਨ੍ਹਾਂ ਦੀ ਯੋਗਤਾ, ਪਿਛੋਕੜ ਅਤੇ ਭਾਈਚਾਰੇ ਪ੍ਰਤੀ ਵਚਨਬੱਧਤਾ ਨੂੰ ਵੀ ਧਿਆਨ ਵਿੱਚ ਰੱਖਣਾ ਚਾਹੀਦਾ ਹੈ।
ਆਪਣੇ ਕਾਰੋਬਾਰ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਸਿਆਸਤ ਵਿੱਚ ਸਰਗਰਮ ਹੋਣ ਕਾਰਨ ਨਿੱਜੀ ਕਾਰੋਬਾਰ ਨੂੰ ਨੁਕਸਾਨ ਵੀ ਝੱਲਣਾ ਪੈ ਸਕਦਾ ਹੈ, ਪਰ ਹੁਣ ਹਾਲਾਤ ਅਜਿਹੇ ਬਣ ਗਏ ਹਨ ਕਿ ਹੋਰ ਚੁੱਪ ਰਹਿਣਾ ਠੀਕ ਨਹੀਂ ਲੱਗਦਾ। ਉਨ੍ਹਾਂ ਆਪਣੇ ਬੱਚਿਆਂ ਦੇ ਨਾਲ-ਨਾਲ ਭਾਈਚਾਰੇ ਦੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਵੀ ਚਿੰਤਾ ਜ਼ਾਹਰ ਕੀਤੀ।
ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਵਿੱਚ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਚਿੰਤਾ ਵਧ ਰਹੀ ਹੈ। ਉਨ੍ਹਾਂ ਆਸਟ੍ਰੇਲੀਆ, ਅਮਰੀਕਾ, ਇੰਗਲੈਂਡ ਅਤੇ ਆਇਰਲੈਂਡ ਵਰਗੇ ਦੇਸ਼ਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਉੱਚ ਸਿੱਖਿਆ ਅਤੇ ਬਿਹਤਰ ਭਵਿੱਖ ਦੀ ਭਾਲ ਵਿੱਚ ਦੂਜੇ ਦੇਸ਼ਾਂ ਵੱਲ ਜਾਣ ਲਈ ਮਜਬੂਰ ਨਹੀਂ ਹੋਣਾ ਚਾਹੀਦਾ। ਉਨ੍ਹਾਂ ਦੇ ਵਿਚਾਰ ਅਨੁਸਾਰ, ਕੈਨੇਡਾ ਵਿੱਚ ਹੀ ਬੱਚਿਆਂ ਨੂੰ ਅੱਗੇ ਵਧਣ ਅਤੇ ਆਪਣੇ ਸੁਪਨੇ ਪੂਰੇ ਕਰਨ ਦੇ ਉਚਿਤ ਮੌਕੇ ਮਿਲਣੇ ਚਾਹੀਦੇ ਹਨ।
ਵੋਟ ਦੇ ਹੱਕ ਦੀ ਮਹੱਤਤਾ ’ਤੇ ਜ਼ੋਰ
ਜ਼ੀਸ਼ਾਨ ਵਾਹਲਾ ਨੇ ਭਾਈਚਾਰੇ ਦੇ ਵੋਟ ਦੇ ਹੱਕ ਦੀ ਮਹੱਤਤਾ ਉੱਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਹੱਕ ਲੰਬੇ ਸੰਘਰਸ਼ ਤੋਂ ਬਾਅਦ ਪ੍ਰਾਪਤ ਹੋਇਆ ਹੈ ਅਤੇ ਇਸ ਦੀ ਵਰਤੋਂ ਸੋਚ-ਸਮਝ ਕੇ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਿਆਸੀ ਪਾਰਟੀਆਂ ਨੂੰ ਇਹ ਅਹਿਸਾਸ ਹੋਵੇਗਾ ਕਿ ਭਾਈਚਾਰਾ ਇਕਜੁੱਟ ਹੋ ਕੇ ਵੋਟ ਪਾਉਂਦਾ ਹੈ, ਤਾਂ ਉਹ ਇਸ ਦੀਆਂ ਲੋੜਾਂ, ਮੰਗਾਂ ਅਤੇ ਹੱਕਾਂ ਨੂੰ ਵਧੇਰੇ ਗੰਭੀਰਤਾ ਨਾਲ ਲੈਣਗੀਆਂ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣਾਂ ਦੌਰਾਨ ਆਪਣੇ ਵੋਟ ਦੇ ਹੱਕ ਦੀ ਵਰਤੋਂ ਜ਼ਿੰਮੇਵਾਰੀ ਨਾਲ ਕਰਨ ਅਤੇ ਅਜਿਹੇ ਨੁਮਾਇੰਦਿਆਂ ਦੀ ਚੋਣ ਕਰਨ ਜੋ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਬਿਹਤਰ ਭਵਿੱਖ ਸਿਰਜਣ ਵਾਸਤੇ ਕੰਮ ਕਰਨ।



